January 29, 2012 admin

ਚੋਣ ਅਮਲ ਨੂੰ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਕੀਤੇ ਪੁਖਤਾ ਇੰਤਜ਼ਾਮ-ਸ਼੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ

ਕਪੂਰਥਲਾ, 29 ਜਨਵਰੀ :  ਸ਼੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਨਿਰਭੈ ਅਤੇ ਨਿਡਰ ਹੋ ਕੇ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰ ਸਕਣ । ਉਹਨਾਂ ਨੇ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਚੱਲੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਨਪਸੰਦ ਉਮੀਦਵਾਰ ਦੀ ਚੋਣ ਲਈ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਤਾਂ ਜੋ ਜ਼ਿਲ੍ਹੇ ਵਿੱਚ 100 ਫੀਸਦੀ ਪੋਲਿੰਗ ਨੂੰ ਯਕੀਨੀ ਬਣਾਇਆ ਜਾ ਸਕੇ।ਉਹਨਾਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ, ਕਿ ਜਿਲ੍ਹਾ ਪ੍ਰਸ਼ਾਸਨ ਦੁਆਰਾ ਅਮਨ ਦੇ ਮਾਹੌਲ ਨੂੰ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਤਾਂ ਜੋ ਚੋਣ ਅਮਲ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ ।
ਉਹਨਾਂ ਨੇ ਦੱਸਿਆ ਕਿ ਜਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 645 ਪੋਲਿੰਗ ਸ਼ਟੇਸ਼ਨ ਬਣਾਏ ਗਏ ਹਨ ਜਿੰਨਾਂ ਚੋਂ 375 ਹਲਕਿਆਂ ਨੂੰ ਚੋਣ ਕਮਿਸ਼ਨ ਵੱਲੋਂ ਸੰਵੇਦਨਸ਼ੀਲ ਕਰਾਰ ਦਿੱਤਾ ਗਿਆ ਹੈ ਅਤੇ ਜਿਲ਼੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸ਼ੇਟਸ਼ਨਾਂ ਤੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਚੋਣ ਅਬਜ਼ਰਵਰਾਂ ਦੀ ਸਲਾਹ ਨਾਲ ਸੰਵੇਦਨਸ਼ੀਲ ਬੂਥਾਂ ਦੀ ਸੁਰੱਖਿਆ ਲਈ ਪੈਰਾ ਮਿਲਟਰੀ ਫੋਰਸਿਜ਼ ਦੀਆਂ 11 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ । ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾੜਾ ਦੇ 25 ਪੋਲਿੰਗ ਬੂਥਾਂ ‘ਤੇ ਪੈਣ ਵਾਲੀ ਵੋਟਿੰਗ ਦਾ ਵੈੱਬ ਕੈਮਰਿਆਂ ਰਾਂਹੀ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ ਇਸ ਤੋਂ ਇਲਾਵਾ 137 ਸੰਵੇਦਨਸ਼ੀਲ ਬੂਥਾਂ ਉਤੇ ਨਿਗਰਾਨੀ ਰੱਖਣ ਲਈ ਵੀਡਿਓ ਕੈਮਰੇ ਵੀ ਲਗਾਏ ਗਏ ਹਨ ।
            ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਪਾਉਣ ਦੀ ਪ੍ਰਕਿਰਿਆ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੇਪਰੇ ਚਾੜਨ ਲਈ ਪੋਲਿੰਗ ਪਾਰਟੀਆਂ ਸੈਕਟਰ ਅਫਸਰਾਂ ਦੀ ਦੇਖ-ਰੇਖ ਹੇਠ ਸਬੰਧਤ ਬੂਥਾਂ ਉੱਤੇ ਪਹੁੰਚ ਗਈਆਂ ਹਨ।ਉਨ੍ਹਾਂ ਦੱਸਿਆ ਕਿ ਚੋਣ ਅਮਲ ਤੇ ਨਿਗਰਾਨੀ ਰੱਖਣ ਲਈ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਉੱਤੇ 234 ਮਾਈਕਰੋ ਅਬਜਰਵਰ ਵੀ ਲਗਾਏ ਗਏ ਹਨ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਿਜ਼ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਤਾਂ ਜੋ ਵੋਟਰਾਂ ਵਿੱਚ ਸੁਰੱਖਿਆ ਦਾ ਵਿਸ਼ਵਾਸ ਬਣਿਆ ਰਹੇ । ਉਹਨਾਂ ਦੱਸਿਆ ਕਿ ਕਿਸੇ ਖਾਸ ਵਿਅਕਤੀ ਵੱਲੋਂ ਵੋਟਰਾਂ ਨੂੰ ਡਰਾਉਣ-ਧਮਕਾਉਣ ਦੀ ਕੋਈ ਰਿਪੋਰਟ ਨਹੀਂ ਆਈ ਅਤੇ ਵੋਟਰ ਆਪਣੇ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਤੋਂ ਨਿਰਭੈ ਹੋ ਕੇ ਕਰਨ, ਇਸ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਿਲ੍ਹੇ ਦੇ ਹਰ ਇੱਕ ਨਾਗਰਿਕ ਲਈ ਵੱਧ ਤੋਂ ਵੱਧ ਸੁਰੱਖਿਆ ਦਿੱਤੀ ਜਾਵੇਗੀ ।
       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਜਨਵਰੀ ਸ਼ਾਮ 5 ਵਜੇ ਤੋਂ ਤੋਂ ਜਿਲ੍ਹੇ ਦੇ ਸਾਰੇ ਠੇਕੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਅਤੇ 30 ਜਨਵਰੀ ਸ਼ਾਮ 5 ਵਜੇ ਤੱਕ ਸਾਰੇ ਠੇਕੇ ਬੰਦ ਰਹਿਣਗੇ ਅਤੇ ਹੋਟਲਾਂ ਵਿੱਚ ਵਿੱਚ ਵੀ ਸ਼ਰਾਬ ਦੀ ਵਰਤੋਂ ਕਰਨ ਦੀ ਮਨਾਹੀ ਹੋਵੇਗੀ । ਉਹਨਾਂ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ 28 ਜਨਵਰੀ ਸ਼ਾਮ 5 ਵਜੇ ਤੋਂ 30 ਜਨਵਰੀ ਸ਼ਾਮ 5 ਵਜੇ ਤੱਕ ਚੋਣ ਕਮਿਸ਼ਨ ਦੇ ਹੁਕਮਾਂ  ਅਨੁਸਾਰ ਕੋਈ ਬਾਹਰੀ ਵਿਅਕਤੀ ਜਿਸ ਦੀ ਵੋਟ ਵਿਧਾਨ ਸਭਾ ਹਲਕੇ ਵਿੱਚ ਨਹੀਂ ਹੈ ਉਹ ਹਲਕੇ ਵਿੱਚ ਨਹੀਂ ਠਹਿਰੇਗਾ ਕਿਉਕਿ ਚੋਣਾਂ ਦੋਰਾਨ ਹਲਕੇ ਤੋਂ ਬਾਹਰਲੇ ਵਿਅਕਤੀਆਂ ਦੀ ਮੌਜੂਦਗੀ ਨਾਲ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਦਾ ਮਾਹੌਲ ਖਰਾਬ ਹੋਣ ਦਾ ਖਤਰਾ ਪੈਦਾ ਹੋ ਸਕਦਾ ਹੈ । ਪੁਲਿਸ ਫੋਰਸਿਜ ਵੱਲੋਂ ਇਸ ਯਕੀਨੀ ਬਣਾਇਆ ਜਾਵੇਗਾ ਕਿ ਚੋਣਾਂ ਦੋਰਾਨ ਕੋਈ ਵੀ ਬਾਹਰੀ ਵਿਅਕਤੀ ਵਿਧਾਨ ਸਭਾ ਹਲਕੇ ਵਿੱਚ ਮੌਜੂਦ ਨਾ ਰਹੇ ।

Translate »