January 31, 2012 admin

ਦੇਸ਼ ਦੀ ਜੰਗ-ਏ-ਆਜ਼ਾਦੀ ਲਈ ਆਪਣੀਆਂ ਜਾਨ੍ਹਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਡਿਪਟੀ ਕਮਿਸ਼ਨਰ

ਪਟਿਆਲਾ: 30 ਜਨਵਰੀ :  ਦੇਸ਼ ਦੀ ਜੰਗ-ਏ-ਆਜ਼ਾਦੀ ਲਈ ਆਪਣੀਆਂ ਜਾਨ੍ਹਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਦੇਸ਼ ਭਗਤਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ  ਦੀਆਂ ਕੁਰਬਾਨੀਆਂ ਨੂੰ ਭੁਲਾ ਦਿੰਦਿਆਂ ਹਨ ਉਹ ਕਦੇ ਵੀ ਤਰੱਕੀ ਨਹੀਂ ਕਰ ਸਕਦੀਆਂ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਾਲ ਰੋਡ ਵਿਖੇ ਸਥਿਤ ਰਾਸ਼ਟਰ-ਪਿਤਾ ਮਹਾਤਮਾਂ ਗਾਂਧੀ ਦੇ ਬੁੱਤ ਨੇੜੇ ਕਰਵਾਏ ਗਏ ਸ਼ਹੀਦੀ ਦਿਵਸ ਮੌਕੇ ਰਾਸ਼ਟਰ- ਪਿਤਾ ਮਹਾਤਮਾਂ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ  ਬਹੁਤ ਮੁਸ਼ਕਲ ਨਾਲ ਮਿਲੀ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਰਾਸ਼ਟਰ-ਪਿਤਾ ਮਹਾਤਮਾਂ ਗਾਂਧੀ ਨੇ ਦੇਸ਼ ਦੀ ਆਜ਼ਾਦੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਅਤੇ ਅੱਜ ਉਹਨਾਂ ਅਤੇ ਅਨੇਕਾਂ ਦੇਸ਼ ਭਗਤਾਂ ਜਿਵੇਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ੍ਰ: ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਲਾਲਾ ਲਾਜਪਤ ਰਾਏ ਆਦਿ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨ੍ਹਾਂ ਵਾਰ ਦਿੱਤੀਆਂ । ਇਸ ਮੌਕੇ ਪੁਲਿਸ ਦੇ ਜਵਾਨਾਂ ਵੱਲੋਂ ਆਪਣੇ ਹਥਿਆਰ ਉਲਟੇ ਕਰਕੇ ਰਾਸ਼ਟਰ-ਪਿਤਾ ਮਹਾਤਮਾਂ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਦੋ ਮਿੰਨ ਦਾ ਮੌਨ ਧਾਰਿਆ ਗਿਆ।
         ਇਸ ਮੌਕੇ ਐਸ.ਐਸ.ਪੀ. ਪਟਿਆਲਾ ਸ਼੍ਰੀ ਦਿਨੇਸ਼ ਪ੍ਰਤਾਪ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਭੁੱਲਣਾ ਨਹੀਂ ਚਾਹੀਦਾ ਕਿਉਂਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਉਹਨਾਂ ਦੀਆਂ ਕੁਰਬਾਨੀਆਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਭਗਤ ਸਾਡਾ ਸਰਮਾਇਆ ਹਨ ਇਸ ਲਈ ਸਾਨੂੰ ਉਹਨਾਂ ਵੱਲੋਂ ਆਜ਼ਾਦ ਭਾਰਤ ਲਈ ਵੇਖੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਾਰਥਕ ਕੰਮ ਕਰਨੇ ਚਾਹੀਦੇ ਹਨ।
         ਇਸ ਮੌਕੇ ਐਸ.ਡੀ.ਐਮ. ਪਟਿਆਲਾ ਸ਼੍ਰੀ ਅਨਿਲ ਗਰਗ, ਸਹਾਇਕ ਕਮਾਂਡੈਂਟ ਹੋਮ ਗਾਰਡਜ਼ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੁਤੰਤਰਤਾ ਸੈਨਾਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Translate »