ਬਠਿੰਡਾ, 11 ਫਰਵਰੀ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਸ੍ਰੀ ਭੁਪਿੰਦਰ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਵਿੱਚ ਵਿਆਹਾਂ/ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ‘ਤੇ ਪਟਾਕੇ/ ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਾਈ ਗਈ ਹੈ। ਇਸੇ ਤਰ੍ਹਾਂ ਇੱਕ ਹੋਰ ਹੁਕਮ ਅਨੁਸਾਰ ਜ਼ਿਲੇ ਅੰਦਰ ਲਾਊਡ ਸਪੀਕਰਾਂ ਦੀ ਵਰਤੋਂ ਆਰਕੈਸਟਰਾ ਅਤੇ ਦੂਜੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਲਾਉਂਦਿਆਂ ਆਖਿਆ ਗਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਵਿੱਚ ਦਰਜ਼ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਨਜ਼ੂਰੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋ ਨਹੀਂ ਕਰੇਗਾ। ਇਸੇ ਤਰਾਂ ਆਰਕੈਸਟਰਾ, ਬੈਂਡ, ਡੀ.ਜੇ ਅਤੇ ਧਾਰਮਿਕ ਥਾਵਾਂ ‘ਤੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਲਾਊਡ ਸਪੀਕਰਾਂ ਦੀ ਆਵਾਜ਼ ਵਿਆਹ ਵਾਲੇ ਘਰਾਂ ਤੇ ਮੈਰਿਜ਼ ਪੈਲੇਸਾਂ ਤੋਂ ਬਾਹਰ ਨਹੀਂ ਜਾਣੀ ਚਾਹੀਦੀ।
ਇੱਕ ਵੱਖਰੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਲੱਕੀ ਸਕੀਮਾਂ ਜਿਨ੍ਹਾਂ ਵਿੱਚ ਹਫ਼ਤਾਵਾਰੀ ਜਾਂ ਮਹੀਨੇਵਾਰੀ ਕਿਸ਼ਤਾਂ ਰਾਹੀਂ ਪੈਸੇ ਜਮ੍ਹਾਂ ਕਰਵਾਕੇ ਡਰਾਅ ਕੱਢੇ ਜਾਂਦੇ ਹਨ ਅਤੇ ਡਰਾਅ ਰਾਹੀਂ ਪੈਸੇ ਜਾਂ ਇਨਾਮੀ ਵਸਤੂ ਦਿੱਤੀ ਜਾਂਦੀ ਹੈ ਅਜਿਹੀਆਂ ਚੱਲ ਰਹੀਆਂ ਸਕੀਮਾਂ ‘ਤੇ ਪਾਬੰਦੀ ਲਾਈ ਗਈ ਹੈ। ਇਸੇ ਤਰ੍ਹਾਂ ਇਹ ਵੀ ਹੁਕਮ ਦਿੱਤਾ ਗਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫਰ ਦੌਰਾਨ ਅਸ਼ਲੀਲ ਗਾਣੇ ਨਹੀਂ ਲਾਏ ਜਾਣਗੇ।
ਜਨਤਕ ਹਿੱਤ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਿਰਦੇਸ਼ ਜਾਰੀ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਕੈਮਿਸਟ/ਮੈਡੀਕਲ ਡਰੱਗ ਸਟੋਰ (ਥੋਕ/ਪ੍ਰਚੂਨ) ਆਪਣੇ ਚਾਲੂ ਸਟਾਕ, ਵੇਚ ਤੇ ਖਰੀਦ ਦਾ ਰਜਿਸਟਰ ਲਾਉਣਗੇ ਜਿਸਨੂੰ ਸਾਰੇ ਕਾਰਜ਼ਕਾਰੀ ਮੈਜਿਸਟ੍ਰੇਟ, ਉਪ ਪੁਲੀਸ ਕਪਤਾਨ ਅਤੇ ਇਸ ਤੋਂ ਉਪਰਲੇ ਦਰਜੇ ਦੇ ਪੁਲੀਸ ਅਧਿਕਾਰੀ ਜਾਂ ਹੋਰ ਕੋਈ ਵੀ ਅਧਿਕਾਰਤ ਕੀਤੇ ਵਿਅਕਤੀ ਦੁਆਰਾ ਪੜਤਾਲ ਲਈ ਹਾਜ਼ਰ ਰੱਖਿਆ ਜਾਵੇਗਾ। ਇਸ ਹੁਕਮ ਅਨੁਸਾਰ ਕੋਈ ਵੀ ਕੈਮਿਸਟ ਅਜਿਹੀਆਂ ਜਾਰੀ ਸੂਚੀ ਵਾਲੀਆਂ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਅਤੇ ਪੱਕੇ ਬਿੱਲ ਤੋਂ ਨਹੀਂ ਵੇਚੇਗਾ। ਇੱਕ ਵੱਖਰੇ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ।
ਇਹ ਹੁਕਮ 10 ਫਰਵਰੀ 2012 ਤੋਂ 9 ਅਪ੍ਰੈਲ 2012 ਤੱਕ ਲਾਗੂ ਰਹਿਣਗੇ।