February 15, 2012 admin

19 ਫਰਵਰੀ ਤੋਂ 21 ਫਰਵਰੀ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ ਜ਼ਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਤਹਿਤ 2 ਲੱਖ 34 ਹਜ਼ਾਰ 895 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ-ਡਿਪਟੀ ਕਮਿਸ਼ਨਰ

ਪੋਲੀਓ ਦੀ ਬੂੰਦਾਂ ਪਿਲਾਉਣ ਲਈ 1869 ਟੀਮਾਂ ਦਾ ਗਠਨ ਅਤੇ 888 ਬੂਥ ਬਣਾਏ ਗਏ
* 1776 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾਉਣਗੀਆਂ
* 27 ਮੋਬਾਈਲ ਟੀਮਾਂ ਦਾ ਵੀ ਕੀਤਾ ਗਿਆ ਗਠਨ
ਪਟਿਆਲਾ: 15 ਫਰਵਰੀ : ਪੋਲੀਓ ਦੀ ਰੋਕਥਾਮ ਲਈ ਦੇਸ਼ ਭਰ ਵਿੱਚ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 19 ਤੋਂ 21 ਫਰਵਰੀ ਤੱਕ 0-5 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪੋਲੀਓ ਵਰਗੀ ਖਤਰਨਾਕ ਬਿਮਾਰੀ ਤੋਂ ਬਚਾਉਣ ਲਈ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿੱਚ ਲਗਭਗ 2 ਲੱਖ 34 ਹਜ਼ਾਰ 895 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਿਹਤ ਵਿਭਾਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 1869 ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਪੋਲੀਓ ਬੂੰਦਾਂ ਪਿਲਾਉਣ ਲਈ 888 ਬੂਥ ਬਣਾਏ ਗਏ ਹਨ ਇਸ ਤੋਂ ਇਲਾਵਾ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 1776 ਟੀਮਾਂ ਬਣਾਈਆਂ ਗਈਆਂ ਹਨ ਅਤੇ 27 ਮੋਬਾਈਲ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ । ਸ਼੍ਰੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 33 ਬਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਬੂਥ ਬਣਾਏ ਗਏ ਹਨ ਜਿਹਨਾਂ ‘ਤੇ 66 ਟੀਮਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਭੱਠਿਆਂ ‘ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਜ਼ਿਲ੍ਹੇ ਵਿੱਚ 152 ਭੱਠਿਆਂ ‘ਤੇ ਇੱਕ-ਇੱਕ ਟੀਮ ਲਗਾਈ ਜਾਵੇਗੀ। ਸ਼੍ਰੀ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੇ 3738 ਅਧਿਕਾਰੀਆਂ / ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਹਨਾਂ ਦੀ ਸੁਪਰਵੀਜ਼ਨ ਕਰਨ ਲਈ 190 ਅਧਿਕਾਰੀ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਦੀ ਮੰਗ ‘ਤੇ ਸਮੂਹ ਬੀ.ਡੀ.ਪੀ.ਓਜ਼ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ/ਪ੍ਰਾਇਮਰੀ) ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦੇਣ ਅਤੇ ਜੇਕਰ ਕਿਸੇ ਥਾਂ ‘ਤੇ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜਰੂਰ ਪਿਲਾਉਣ ਤਾਂ ਜੋ ਉਹ ਇਸ ਖਤਰਨਾਕ ਬਿਮਾਰੀ ਤੋਂ ਬਚੇ ਰਹਿ ਸਕਣ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਪੂਰੀ ਮਿਹਨਤ ‘ਤੇ ਲਗਨ ਨਾਲ ਨੇਪਰੇ ਚਾੜਿਆ ਜਾਵੇ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ ।
ਸਿਹਤ ਵਿਭਾਗ ਦੇ ਕੁਝ ਐਸ.ਐਮ.ਓਜ਼ ਵੱਲੋਂ ਮਿੱਥੇ ਗਏ ਟੀਚੇ ਤੋਂ ਘੱਟ ਪ੍ਰਾਪਤੀਆਂ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਸਕੀਮਾਂ ਅਧੀਨ ਜਾਰੀ ਕੀਤੇ ਗਏ ਫੰਡਾਂ ਦੀ ਘੱਟ ਵਰਤੋਂ ਕਰਨ ਦਾ ਸਖਤ ਨੋਟਿਸ ਲੈਂਦਿਆਂ ਸ਼੍ਰੀ ਗਰਗ ਨੇ ਸਮੂਹ ਐਸ.ਐਮ.ਓਜ਼ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਭਵਿੱਖ ਵਿੱਚ ਜੇਕਰ ਕਿਸੇ ਐਸ.ਐਮ.ਓ. ਵੱਲੋਂ ਅਜਿਹਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਸਬੰਧਤ ਐਸ.ਐਮ.ਓ. ਦੀ ਨਿੱਜੀ ਜਿੰਮੇਵਾਰੀ ਤੈਅ ਕਰਕੇ ਉਹਨਾਂ ਦੇ ਉਚ ਅਧਿਕਾਰੀਆਂ ਨੂੰ ਬਣਦੀ ਵਿਭਾਗੀ ਕਾਰਵਾਈ ਕਰਨ ਲਈ ਲਿਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 18 ਲੱਖ 92 ਹਜ਼ਾਰ ਵਿਅਕਤੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ/ ਸਿਹਤ ਕੇਂਦਰਾਂ ਵਿੱਚ 82 ਫੀਸਦੀ ਜਣੇਪੇ ਹੋ ਰਹੇ ਹਨ।  ਸ਼੍ਰੀ ਗਰਗ ਨੇ ਦੱਸਿਆ ਕਿ ਦਸੰਬਰ 2011 ਤੱਕ ਸਰਕਾਰੀ ਹਸਪਤਾਲਾਂ ਵਿੱਚ 11 ਹਜ਼ਾਰ 136 ਜਣੇਪੇ ਹੋਏ ਜਿਸ ਅਨੁਸਾਰ ਪਟਿਆਲਾ ਜ਼ਿਲ੍ਹਾ ਪੰਜਾਬ ਵਿੱਚ ਦੂਸਰਾ ਅਜਿਹਾ ਜ਼ਿਲ੍ਹਾ ਬਣ ਗਿਆ ਹੈ ਜਿਥੇ ਸਭ ਤੋਂ ਵੱਧ ਗਰਭਵਤੀ ਔਰਤਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1384 ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਮੁਫਤ ਮੈਡੀਕਲ ਚੈਕਅੱਪ ਅਤੇ ਦਵਾਈਆਂ ਦਿੱਤੀਆਂ ਗਈਆਂ ਅਤੇ ਇਸ ਚੈਕਅੱਪ ਦੌਰਾਨ ਕੈਂਸਰ ਦੇ 3, ਥੈਲਾਸੀਮੀਆ ਦੇ 11 ਅਤੇ ਦਿਲ ਦੇ ਰੋਗਾਂ ਤੋਂ ਪੀੜ੍ਹਤ 20 ਬੱਚਿਆਂ ਬਾਰੇ ਪਤਾ ਚੱਲਿਆ ਸੀ ਜਿਹਨਾਂ ਦਾ ਮੁਫਤ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਗਏ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ 118 ਫੀਸਦੀ ਚੈਕਅੱਪ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਔਰਤਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ 1099 ਆਸ਼ਾ ਵਰਕਰ ਕੰਮ ਕਰ ਰਹੀਆਂ ਹਨ ਅਤੇ ਇਹਨਾਂ ਵੱਲੋਂ 6416 ਮਮਤਾ ਦਿਵਸ ਮਨਾਏ ਗਏ ਹਨ । ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਾਫ ਸਫਾਈ ਲਈ 946 ਸੈਨੀਟੇਸ਼ਨ ਕਮੇਟੀਆਂ ਬਣਾਈਆਂ ਗਈਆਂ ਹਨ ਜਿਹਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾਂ ਦਿੱਤੇ ਜਾਂਦੇ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਪਟਿਆਲਾ ਡਾ: ਵੀ.ਐਸ.ਮੋਹੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਨਲਬੰਦੀ ਤੇ ਨਸਬੰਦੀ ਦੇ 69 ਫੀਸਦੀ ਓਪਰੇਸ਼ਨ ਕੀਤੇ ਗਏ ਹਨ ਅਤੇ 77 ਫੀਸਦੀ ਕਾਪਰ ਟੀ ਰੱਖੀਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 74 ਫੀਸਦੀ ਸੀ.ਸੀ. ਯੂਜਰ ਹਨ ਅਤੇ 95 ਫੀਸਦੀ ਓਰਲ ਪਿਲਸ ਵੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦਸੰਬਰ ਮਹੀਨੇ ਤੱਕ 9400 ਤੋਂ ਵੱਧ ਵਿਅਕਤੀਆਂ ਦੇ ਅੰਧਰਾਤਾ ਰੋਕੂ ਓਪਰੇਸ਼ਨ ਕੀਤੇ ਗਏ ਹਨ। ਅੱਜ ਦੀ ਮੀਟਿੰਗ ਵਿੱਚ ਐਸ.ਡੀ.ਐਮ. ਸਮਾਣਾ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਪ੍ਰਨੀਤ ਕੌਰ ਸ਼ੇਰਗਿੱਲ, ਜ਼ਿਲ੍ਹਾ ਟਰਾਂਸਪੋਰਟ ਅਫਸਰ ਡਾ: ਰਿਸ਼ੀਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸ਼੍ਰੀਮਤੀ ਬਲਬੀਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਹਰਜੀਤ ਕੌਰ ਅਰਨੇਜਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਹਰਿੰਦਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਬਲਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ: ਪੀ.ਡੀ. ਗੋਇਲ, ਮਾਤਾ ਕੌਸ਼ਲਿਆ ਹਸਪਤਾਲ ਦੀ ਐਮ.ਐਸ. ਡਾ: ਮਧੁਰਿਮਾ ਚਾਵਲਾ, ਸਿਹਤ ਤੇ ਪਰਿਵਾਰ ਭਲਾਈ ਅਫਸਰ ਡਾ: ਸੁਰਿੰਦਰਪਾਲ, ਸ਼੍ਰੀ ਕ੍ਰਿਸ਼ਨ ਕੁਮਾਰ, ਸੇਵਾ ਮੁਕਤ ਕਰਨਲ ਬਿਸ਼ਨ ਦਾਸ, ਸਮਾਜ ਸੇਵੀ ਸ਼੍ਰੀ ਕਰਮਜੀਤ ਸਿੰਘ ਜਟਾਣਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼, ਬੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Translate »