February 23, 2012 admin

10 ਤੋਂ 21 ਮਾਰਚ ਤੱਕ ਹੋਣ ਵਾਲੇ ਖੇਤਰੀ ਸਰਸ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇ : ਰਾਹੁਲ ਤਿਵਾੜੀ

ਡਿਪਟੀ ਕਮਿਸ਼ਨਰ ਵੱਲੋਂ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 23 ਫਰਵਰੀ : ਦਸਤਕਾਰੀ ਦੇ ਧੰਦੇ ਨੂੰ ਹੋਰ ਉਤਸ਼ਾਹਤ ਕਰਨ ਲਈ ਸਰਕਾਰੀ ਕਾਲਜ ਲੜਕੀਆਂ ਵਿਖੇ 10 ਮਾਰਚ ਤੋ 21 ਮਾਰਚ ਤੱਕ ਆਯੋਜਿਤ ਕੀਤੇ ਜਾ ਰਹੇ 12 ਰੋਜਾ ਖੇਤਰੀ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਸਬੰਧੀ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ।  ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਇਸ ਮੇਲੇ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਤੋਂ ਕਰੀਬ 600 ਦਸਤਕਾਰ  ਸ਼ਾਮਲ ਹੋਣਗੇ । ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਬਣਾਈਆਂ ਗਈਆਂ ਸਬ ਕਮੇਟੀਆਂ ਪੂਰੇ ਉਤਸ਼ਾਹ ਨਾਲ ਆਪਣੇ ਜਿੰਮੇ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਲੱਗੀਆਂ ਹੋਈਆਂ ਹਨ । ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਦਸਤਕਾਰਾਂ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਲਾਕਾਰਾਂ ਦੀ ਆਓ ਭਗਤ ਅਤੇ ਰਿਹਾਇਸ਼ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ  ।
         ਸ਼੍ਰੀ ਤਿਵਾੜੀ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਜਿਥੇ ਵੱਖ ਵੱਖ ਰਾਜਾਂ ਦੇ ਦਸਤਕਾਰ ਆਪਣੀ ਦਸਤਕਾਰੀ ਦੇ ਬਿਹਤਰੀਨ ਨਮੂਨੇ ਪ੍ਰਦਰਸ਼ਿਤ ਕਰਨਗੇ ਉਥੇ ਵੱਖ ਵੱਖ ਰਾਜਾਂ ਦੇ ਦਸਤਕਾਰਾਂ ਨੂੰ ਇੱਕ ਦੂਜੇ ਰਾਜ ਦੇ ਦਸਤਕਾਰਾਂ ਦੀ ਕਲਾ ਨੂੰ ਸਿੱਖਣ ਦਾ ਮੌਕਾ ਵੀ ਮਿਲੇਗਾ । ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੀ ਕਲਾ ਅਤੇ ਸਭਿਆਚਾਰ ਦਾ ਆਦਾਨ ਪ੍ਰਦਾਨ ਵੀ ਹੋਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਬਾਹਰਲੇ ਰਾਜਾਂ ਦੇ ਸਭਿਆਚਾਰ ਦਾ ਆਨੰਦ ਮਾਨਣ ਦਾ ਵੀ ਮੌਕਾ ਮਿਲੇਗਾ । ਉਨ੍ਹਾਂ ਆਖਿਆ ਕਿ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਸੇ ਨੂੰ ਵੀ ਪ੍ਰਫੁਲਿਤ ਕਰਨ ਦਾ ਅਵਸਰ ਪ੍ਰਾਪਤ ਹੋਵੇਗਾ । ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੇ ਸਭਿਆਚਾਰ ਦੇ ਆਦਾਨ ਪ੍ਰਦਾਨ ਦੇ ਨਾਲ ਜਿਥੇ ਦੇਸ਼ ਦੀ ਏਕਤਾ ਤੇ ਅਖੰਡਤਾ ਹੋਰ ਮਜਬੂਤ ਹੁੰਦੀ ਹੈ ਉਥੇ ਆਪਸੀ ਸਦਭਾਵਨਾ ਅਤੇ ਭਾਸ਼ਾਈ ਸਾਂਝ ਹੋਰ ਪਰਪੱਕ ਹੁੰਦੀ ਹੈ । ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਜਿਥੇ ਵੱਖ ਵੱਖ ਰਾਜਾਂ ਦੇ ਕਲਾਕਾਰ ਰੋਜਾਨਾ ਸ਼ਾਮ ਨੂੰ ਆਪਣੀ ਕਲਾ ਦੇ ਜੌਹਰ ਵਿਖਾਉਣਗੇ ਉਥੇ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਵੱਲੋਂ ਵੀ ਪੰਜਾਬੀ ਸਭਿਆਚਾਰ ਦਾ ਨਿਵੇਕਲਾ ਰੰਗ ਪੇਸ਼ ਕੀਤਾ ਜਾਵੇਗਾ ।  ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਸ ਮੇਲੇ ਦੀ ਸਫਲਤਾ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਫਰਜ਼ ਨਿਭਾਏ ਜਾਣ । ਇਸ ਮੌਕੇ ਸ੍ਰੀ ਤਿਵਾੜੀ ਨੇ ਪੁਲਿਸ ਅਧਿਕਾਰੀਆਂ ਨੂੰ ਮੇਲੇ ਵਾਲੇ ਸਥਾਨ ਅਤੇ ਬਾਹਰੋ ਆਉਣ ਵਾਲੇ ਦਸਤਕਾਰਾਂ/ਕਲਾਕਾਰਾਂ ਦੇ ਰਿਹਾਇਸ਼ੀ ਸਥਾਨ ਤੇ ਸੁਰੱਖਿਆ ਦੇ ਉਚਿਤ ਪ੍ਰਬੰਧ ਕਰਨ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮੇਲੇ ਵਾਲੇ ਸਥਾਨ ਤੇ ਸਾਫ-ਸਫਾਈ, ਪਖਾਨਿਆਂ ਦੀ ਸੁਵਿਧਾ ਅਤੇ ਪੀਣ ਵਾਲੇ ਪਾਣੀ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਰਾਜਾਂ ਦੇ ਖਾਣ-ਪੀਣ ਦੇ ਸਮਾਨ ਦੀਆਂ ਸਟਾਲਾਂ ਅਤੇ ਬੱਚਿਆਂ ਦੇ ਮਨੋਰੰਜਨ ਲਈ ਲਗਾਏ ਜਾਣ ਵਾਲੇ ਝੂਲੇ ਵੀ ਖਿੱਚ ਦਾ ਕੇਂਦਰ ਬਣਨਗੇ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੁਪਾਂਜਲੀ ਕਾਰਤਿਕ, ਐਸ.ਡੀ.ਐਮ ਸ਼੍ਰੀ ਕੁਲਜੀਤ ਪਾਲ ਸਿੰਘ ਮਾਹੀ, ਸਰਕਾਰੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਮਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜਰ ਸਨ ।

Translate »