ਅੰਮ੍ਰਿਤਸਰ, 17 ਮਈ : ਵੇਰਕਾ ਵਾਸੀਆਂ ਦੀ ਚਿਰਾਂ ਤੋਂ ਚਲੀ ਆ ਰਹੀ ਸੀਵਰੇਜ ਦੀ ਸਮੱਸਿਆ ਨੂੰ ਪੱਕੇ ਤੌਰ ‘ਤੇ ਹੱਲ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 160 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾ ਕੇ ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਕੀਤਾ ਹੈ। ਇਹ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਵੇਰਕਾ ਵਿਖੇ 160 ਕਰੋੜ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਸਿਸਟਮ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਸ੍ਰ. ਨਵਜੋਤ ਸਿੰਘ ਸਿੱਧੂ, ਡਾ. ਬਲਦੇਵ ਰਾਜ ਚਾਵਲਾ ਚੇਅਰਮੈਨ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਅਤੇ ਸ੍ਰ. ਉਪਕਾਰ ਸਿੰਘ ਸੰਧੂ ਜ਼ਿਲ•ਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਵੀ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਡਾ. ਸਿੱਧੂ ਨੇ ਕਿਹਾ ਕਿ ਵੇਰਕਾ ਦੇ 100 ਫੀਸਦੀ ਘਰਾਂ ਨੂੰ ਸੀਵਰੇਜ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਸੀਵਰੇਜ ਦੇ ਨਾਲ 2 ਟਰੀਟਮੈਂਟ ਪਲਾਂਟ ਵੀ ਲਗਾਏ ਜਾਣਗੇ। ਉਹਨਾਂ ਕਿਹਾ ਕਿ ਇਹ ਸੀਵਰੇਜ ਦਾ ਪ੍ਰੋਜੈਕਟ ਨਵੰਬਰ 2013 ਤੱਕ ਮੁਕੰਮਲ ਹੋ ਜਾਵੇਗਾ। ਡਾ. ਸਿੱਧੂ ਨੇ ਅੱਗੇ ਕਿਹਾ ਕਿ ਉਹ ਹਲਕਾ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਦੇ ਬਹੁਤ ਧੰਨਵਾਦੀ ਹਨ ਜਿਨ•ਾਂ ਨੇ ਉਹਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਮੈਂਬਰ ਲੋਕ ਸਭਾ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੇਰਕਾ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਕੇ ਆਪਣਾ ਫਰਜ਼ ਨਿਭਾਇਆ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਹਮੇਸ਼ਾਂ ਹੀ ਇਹ ਤਰਜੀਹ ਰਹੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਹਨਾਂ ਨੇ ਅੰਮ੍ਰਿਤਸਰ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਚੇਅਰਮੈਨ ਡਾ. ਬਲਦੇਵ ਰਾਜ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸੀਵਰੇਜ ਸਹੂਲਤ ਦੇਣ ਲਈ ਵੱਚਨਬੱਧ ਹੈ ਅਤੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਲਈ 5928 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦੇ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਗਈ ਹੈ ਜਿਸ ਤਹਿਤ ਵੱਖ-ਵੱਖ ਸ਼ਹਿਰਾਂ ਵਿੱਚ ਸੀਵਰੇਜ ਪਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਸੀਵਰੇਜ ਪਾਉਣ ਲਈ 752 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਅਤੇ ਸ਼ਹਿਰ ਵਿੱਚ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ।