May 18, 2012 admin

ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਆਰੰਭ

ਅੰਮ੍ਰਿਤਸਰ: 18 ਮਈ- ਜੂਨ 1984 ‘ਚ ਭਾਰਤੀ ਫੌਜ ਵੱਲੋਂ ਤੋਪਾਂ, ਟੈਕਾਂ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਪਰ ਹਮਲਾ ਕਰਕੇ ਹਜਾਰਾਂ ਲੋਕਾਂ ਨੂੰ ਸ਼ਹੀਦ ਕਰ ਦਿੱਤਾ ਸੀ, ਉਹਨਾਂ ਸ਼ਹੀਦਾਂ ਦੀ ਯਾਦਗਾਰ ਬਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਅਰੰਭਤਾ ਦੀ ਅਰਦਾਸ ਗਿਆਨੀ ਮੱਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੀਤੀ ਗਈ।
ਦੇਸ਼-ਵਿਦੇਸ਼ਾ ਦੀਆਂ ਸਮੂਹ ਜਥੇ-ਬੰਦੀਆਂ ਵੱਲੋਂ ਸ਼ਹੀਦਾਂ ਦੀ ਯਾਦਗਾਰ ਬਨਾਉਣ ਸਬੰਧੀ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ.ਰਘੂਜੀਤ ਸਿੰਘ ਕਰਨਾਲ, ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਜਸਪਾਲ ਸਿੰਘ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਡਾ.ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਉਪ-ਕੁਲਪਤੀ ਤੇ ਅਧਾਰਤ ਪੰਜ ਮੈਂਬਰੀ ਕਮੇਟੀ ਨਿਯੁਕਤ ਕੀਤੀ ਸੀ। ਪੰਜ ਮੈਂਬਰੀ ਕਮੇਟੀ ਵੱਲੋਂ ਦੇਸ਼-ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਪਾਸੋਂ ਯਾਦਗਾਰ ਬਨਾਉਣ ਸਬੰਧੀ ਲਿਖਤੀ ਤੇ ਜੁਬਾਨੀ ਸੁਝਾਅ ਲਏ ਗਏ। ਦੀਰਘ ਵਿਚਾਰ ਕਰਨ ਉਪਰੰਤ ਆਪਣੀ ਰੀਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। 3 ਮਈ ਨੂੰ ਤਖਤ ਸ੍ਰੀ ਕੇਸਗੜ• ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਘੋਖ-ਵਿਚਾਰ ਉਪਰੰਤ ਪੰਜ ਮੈਂਬਰੀ ਕਮੇਟੀ ਦੀ ਰੀਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਤੇ ਯਾਦਗਾਰ ਬਨਾਉਣ ਸਬੰਧੀ ਕਾਰ-ਸੇਵਾ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ। ਦਮਦਮੀ ਟਕਸਾਲ ਵੱਲੋਂ 20 ਮਈ ਨੂੰ ਸਮੂਹ ਸ਼ਹੀਦਾਂ ਦੀ ਯਾਦਗਾਰ ਬਨਾਉਣ ਲਈ ਕਾਰ-ਸੇਵਾ ਆਰੰਭ ਕੀਤੀ ਜਾਵੇਗੀ। ਕਾਰ-ਸੇਵਾ ਆਰੰਭ ਕਰਨ ਤੋਂ ਪਹਿਲਾਂ ਸਤਿਗੁਰੂ ਦਾ ਓਟ ਆਸਰਾ ਲੈਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਜਿਸ ਦਾ ਭੋਗ 20 ਮਈ ਨੂੰ ਸਵੇਰੇ 8:00 ਵਜੇ ਪਵੇਗਾ ਤੇ ਕੀਰਤਨ ਉਪਰੰਤ 10 ਵਜੇ ਕਾਰ-ਸੇਵਾ ਆਰੰਭ ਹੋਵੇਗੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਗੁਰਮੁਖ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ, ਭਾਈ ਜਸਵੀਰ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਚੇਅਰ ਮੈਨ ਪੇਡਾ ਤੇ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਚਰਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ.ਸੁਖਵਿੰਦਰ ਸਿੰਘ ਸਿੱਧੂ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਬਾਬਾ ਧਰਮ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ.ਸਰਬਜੀਤ ਸਿੰਘ ਘੁੰਮਣ, ਸ.ਸਰਬਜੀਤ ਸਿੰਘ ਸੋਹਲ, ਸ.ਬਲਵਿੰਦਰ ਸਿੰਘ ਖੋਜਕੀਪੁਰ, ਭਾਈ ਮੋਹਕਮ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਅਗਵਾਨ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ ਤੇ ਸ. ਸਕੱਤਰ ਸਿੰਘ ਇੰਚਾਰਜ ਫਲਾਇੰਗ ਤੋਂ ਇਲਾਵਾ ਸਿੱਖ ਸੰਗਤਾਂ ਹਾਜ਼ਰ ਸਨ।

Translate »