ਫਤਹਿਗੜ੍ਹ ਸਾਹਿਬ: 18 ਮਈ : ਮੇਹਰ ਬਾਬਾ ਚੈਰੀਟੇਬਲ ਟਰਸਟ ਵੱਲੋਂ ਪੈਪਸੂ ਮਹਿਲਾ ਹਾਕੀ ਐਸੋਸੀਏਸ਼ਨ ਅਤੇ ਜ਼ਿਲ੍ਹਾ ਮਹਿਲਾ ਹਾਕੀ ਐਸੋਸੀਏਸ਼ਨ, ਭਾਰਤੀ ਹਾਕੀ ਫੈਡਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 20 ਮਈ ਤੋਂ 28 ਮਈ ਤੱਕ ਬਸੀ ਪਠਾਣਾ ਦੀ ਆਈ.ਟੀ.ਆਈ. ਦੇ ਹਾਕੀ ਮੈਦਾਨ ਵਿੱਚ ਕਰਵਾਈ ਜਾ ਰਹੀ 14 ਸਾਲ ਤੋਂ ਘੱਟ ਵਰਗ ਦੀਆਂ ਲੜਕੀਆਂ ਦੀ ਸਬ ਜੂਨੀਅਰ ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਅਗੇਤੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਸ਼੍ਰੀ ਯਸ਼ਵੀਰ ਮਹਾਜਨ ਨੇ ਆਈ.ਟੀ.ਆਈ. ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਉਨ੍ਹਾਂ ਹਾਕੀ ਗਰਾਉਂਡ ਦਾ ਵੀ ਵਿਸ਼ੇਸ਼ ਤੌਰ ‘ਤੇ ਅਧਿਕਾਰੀਆਂ ਨਾਲ ਦੌਰਾ ਕੀਤਾ ਅਤੇ ਇਸ ਚੈਂਪੀਅਨਸ਼ਿਪ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਵੱਖ-ਵੱਖ ਰਾਜਾਂ ਤੋਂ ਲੜਕੀਆਂ ਦੀ ਆਉਣ ਵਾਲੀਆਂ ਟੀਮਾਂ ਨੂੰ ਉੱਚ ਪੱਧਰ ਦੀ ਹਾਕੀ ਖੇਡਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਹਾਕੀ ਖਿਡਾਰਨਾਂ ਦੀ ਮਹਿਮਾਨ ਨਿਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਉਹ ਪੰਜਾਬ ਦੀ ਰਵਾਇਤੀ ਮਹਿਮਾਨ ਨਿਵਾਜ਼ੀ ਨੂੰ ਹਮੇਸ਼ਾਂ ਯਾਦ ਰੱਖਣ।
ਸ਼੍ਰੀ ਮਹਾਜਨ ਨੇ ਪ੍ਰਬੰਧਕਾਂ ਅਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰਨਾਂ ਅਤੇ ਦਰਸ਼ਕਾਂ ਲਈ ਪੀਣ ਵਾਲੇ ਸਾਫ-ਸੁਥਰੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਚੈਂਪੀਅਨਸ਼ਿਪ ਨੂੰ ਵੇਖਣ ਵਾਸਤੇ ਪ੍ਰੇਰਿਤ ਕਰਨ ਤਾਂ ਜੋ ਹੋਰ ਵਿਦਿਆਰਥੀਆਂ ਵਿੱਚ ਵੀ ਹਾਕੀ ਦੀ ਖੇਡ ਪ੍ਰਤੀ ਰੂਚੀ ਪੈਦਾ ਹੋ ਸਕੇ। ਉਨ੍ਹਾਂ ਜ਼ਿਲ੍ਹਾ ਟਰਾਂਸਪੋਰਟ ਅਫਸਰ ਨੂੰ ਵੀ ਖਿਡਾਰਨਾਂ ਨੂੰ ਗਰਾਉਂਡ ਤੱਕ ਲਿਆਉਣ ਅਤੇ ਰਿਹਾਇਸ਼ ਵਾਲੇ ਸਥਾਨ ‘ਤੇ ਛੱਡਣ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰਨਾਂ ਨੂੰ ਲੋੜ ਪੈਣ ‘ਤੇ ਲੋੜੀਂਦੀ ਮੈਡੀਕਲ ਸਹੂਲਤ ਦੇਣ ਵਾਸਤੇ ਡਾਕਟਰ, ਪੈਰਾਮੈਡੀਕਲ ਸਟਾਫ ਅਤੇ ਲੋੜੀਂਦੀਆਂ ਦਵਾਈਆਂ ਸਮੇਤ ਦੋ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਬਾਹਰੋਂ ਆਉਣ ਵਾਲੀਆਂ ਖਿਡਾਰਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ ਦੇ ਆਮ ਨਾਗਰਿਕਾਂ ਅਤੇ ਖਾਸ ਕਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਖੇਡ ਦਾ ਆਨੰਦ ਮਾਨਣ ਲਈ ਅਤੇ ਲੜਕੀਆਂ ਨੁੰ ਖੇਡ ਮੈਦਾਨ ਵਿੱਚ ਹੌਸਲਾ ਅਫਜਾਈ ਦੇਣ ਵਾਸਤੇ ਵੱਡੀ ਗਿਣਤੀ ਵਿੱਚ ਪੁੱਜਣ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਵੀਨ ਕੁਮਾਰ ਥਿੰਦ, ਐਸ.ਡੀ.ਐਮ. ਬਸੀ ਪਠਾਣਾ ਸ. ਸੁਖਦੇਵ ਸਿੰਘ, ਐਸ.ਪੀ. (ਡੀ) ਸ. ਹਰਭਜਨ ਸਿੰਘ, ਏ.ਡੀ.ਟੀ.ਓ. ਸ਼੍ਰੀ ਅਸ਼ੋਕ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਸ. ਸਤਿੰਦਰਪਾਲ ਸਿੰਘ, ਤਹਿਸੀਲਦਾਰ ਬਸੀ ਪਠਾਣਾ ਸ਼੍ਰੀਮਤੀ ਜੀਵਨਜੋਤ ਕੌਰ ਅਤੇ ਜ਼ਿਲ੍ਹਾ ਟਰਾਂਸਪੋਰਟ ਅਫਸਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹੋਏ।