ਅੰਮ੍ਰਿਤਸਰ, 18 ਮਈ : ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ 752 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਵਿਛਾ ਕੇ ਸ਼ਹਿਰ ਦੇ 100 ਫੀਸਦੀ ਘਰਾਂ ਨੂੰ ਸੀਵਰੇਜ ਦੀ ਸਹੂਲਤ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਾਰਡ ਨੰਬਰ 13 ਵਿਖੇ ਸੀਵਰੇਜ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਹਾਜ਼ਰ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਜੋਸ਼ੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵੱਚਨਬੱਧ ਹੈ ਅਤੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਸੀਵਰੇਜ ਪਾਉਣ ਲਈ 5928 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਸਨ ਉਹ ਤੇਜੀ ਨਾਲ ਮੁਕੰਮਲ ਹੋ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਅਕਾਲੀ-ਭਾਜਪਾ ਸਰਕਾਰ ਬਣਾਉਣ ‘ਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਵਿਕਾਸ ਦੇ ਹੱਕ ਵਿੱਚ ਫਤਵਾ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਵਿਸ਼ਵਾਸ਼ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੀ ਤਰਜ਼ ‘ਤੇ ਨਗਰ ਨਿਗਮ ਚੋਣਾਂ ਵਿੱਚ ਵੀ ਅਕਾਲੀ-ਭਾਜਪਾ ਗਠਜੋੜ ਵੱਲੋਂ ਇਤਿਹਾਸਕ ਜਿੱਤ ਦਰਜ਼ ਕੀਤੀ ਜਾਵੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਇਸ ਵਾਰ ਵੀ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ। ਸ੍ਰੀ ਜੋਸ਼ੀ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
ਉਦਯੋਗਿਕ ਖੇਤਰ ਬਾਰੇ ਬੋਲਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗ ਨੀਤੀ ਤਹਿਤ ਪੰਜਾਬ ਦੀਆਂ ਸਾਰੀਆਂ ਸਨਅਤਾਂ ਨੂੰ ਸੁਰਜੀਤ ਕਰਨ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਅੰਮ੍ਰਿਤਸਰ ਸਮੇਤ ਹੋਰ ਸਰਹੱਦੀ ਜ਼ਿਲਿ•ਆਂ ਦੀਆਂ ਸਨਅਤਾਂ ਦੀ ਦਸ਼ਾਂ ਸੁਧਾਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਸ੍ਰੀ ਜੋਸ਼ੀ ਨੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਸਨਅਤ ਨੂੰ ਉਤਸ਼ਾਹਤ ਕਰਨ ਲਈ ਸੁਹਿਰਦ ਯਤਨ ਨਹੀ ਕੀਤੇ ਜਾ ਰਹੇ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਉਦਯੋਗਾਂ ਨੂੰ ਬਚਾਉਣ ਲਈ ਵਿਸ਼ੇਸ਼ ਪੈਕਜ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਸਨਅਤਕਾਰ ਬਾਹਰਲੇ ਰਾਜਾਂ ਵਿੱਚ ਉਦਯੋਗ ਲਗਾਉਣ ਲਈ ਮਜਬੂਰ ਨਾ ਹੋਣ।
ਇਸ ਤੋਂ ਪਹਿਲਾਂ ਸ੍ਰੀ ਅਨਿਲ ਜੋਸ਼ੀ ਨੇ ਸਰਕੂਲਰ ਰੋਡ ਵਿਖੇ ਇੱਕ ਨਵੇਂ ਸ਼ੁਰੂ ਹੋਏ ਅਲਟੀਮੇਟ ਫਿਟਨੈੱਸ ਹੈਲਥ ਕਲੱਬ ਦਾ ਉਦਘਾਟਨ ਵੀ ਕੀਤਾ।