March 22, 2013 admin

ਰਣੀਕੇ ਵੱਲੋਂ ਰਾਜ ਪੱਧਰੀ ਮੱਛੀ ਪਾਲਕ ਕਿਸਾਨ ਮੇਲੇ ਦਾ ਉਦਘਾਟਨ 23 ਮਾਰਚ ਨੂੰ

 ਚੰਡੀਗੜ੍ਹ, 21 ਮਾਰਚ

       ਰਾਜ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਕੱਢਣ ਲਈ ਸਰਕਾਰ ਵੱਲੋਂ ਡੇਅਰੀ ਫਾਰਮਿੰਗ ਦੇ ਨਾਲ-ਨਾਲ ਕਿਸਾਨਾਂ ਨੂੰ ਮੱਛੀ ਪਾਲਣ ਦੇ ਧੰਦੇ ਵੱਲ ਉਤਸ਼ਾਹਿਤ ਕਰਨ ਲਈ ਮੱਛੀ ਪਾਲਣ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਮੱਛੀ ਪਾਲਣ ਵਿਕਾਸ ਬੋਰਡ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ‘ਰਾਜ ਪੱਧਰੀ ਮੱਛੀ ਪਾਲਕ ਕਿਸਾਨ ਮੇਲਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

       ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਮੱਛੀ ਪਾਲਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਭਲਾਈ ਵਿਭਾਗ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ  23 ਮਾਰਚ ਨੂੰ ਸਵੇਰੇ 10 ਵਜੇ ਅੰਮ੍ਰਿਤਸਰ ਦੇ ਪਿੰਡ ਬਹੋੜੂ ਪੁੱਲ (ਐਮ.ਬੀ.ਫਾਰਮ), ਝਬਾਲ ਰੋਡ ਵਿਖੇ ਕਰਨਗੇ। ਬੁਲਾਰੇ ਨੇ ਦੱਸਿਆ ਕਿ ਸ਼੍ਰੀ ਦੇਸ ਰਾਜ ਧੁੱਗਾ, ਮੁੱਖ ਪਾਰਲੀਮਾਨੀ ਸਕੱਤਰ ਇਸ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੀ ਰਣੀਕੇ ਵੱਲੋਂ ਰਾਜ ਦੇ ਸਫਲ ਮੱਛੀ ਪਾਲਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ।

       ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਮੇਲੇ ‘ਚ ਪਹੁੰਚ ਕੇ ਇਸ ਧੰਦੇ ਨਾਲ ਸਬੰਧਤ ਨਵੀਨਤਮ ਤਕਨੀਕਾਂ ਬਾਰੇ ਮਾਹਰਾਂ ਦੀ ਰਾਏ ਨਾਲ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।   

Translate »