August 25, 2013 admin

ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਖਰਚੇ ਜਾਣਗੇ 1700 ਕਰੋੜ ਰੁਪਏ

 ਜਲੰਧਰ 25 ਅਗਸਤ 2013

                       ਰਾਜ ਅੰਦਰ ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਲੋਂ 1700 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੰਦਿਆਂ ਦੱਸਿਆ ਕਿ ਰਾਜ ਦੀਆਂ ਪੇਂਡੂ ਲਿੰਕ ਸੜਕਾਂ ਜਿਨ੍ਹਾਂ ਦੀ ਕੁੱਲ ਲੰਬਾਈ 11 ਲੱਖ 14 ਹਜਾਰ 709 ਕਿਲੋਮੀਟਰ ਦੇ ਕਰੀਬ ਹੈ ਨੂੰ ਬਿਹਤਰ ਬਣਾਉਣ ਲਈ ਪੰਜਾਬ ਮੰਡੀ ਬੋਰਡ, ਗ੍ਰਾਮੀਣ ਵਿਕਾਸ ਬੋਰਡ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਲੋਂ ਸਾਂਝੇ ਤੋਰ ਤੇ ਪ੍ਰੋਜੈਕਟ ਬਣਾਇਆ ਗਿਆ ਹੈ ਜਿਸ ਉਤੇ 1700 ਕਰੋੜ ਰੁਪਏ ਖਰਚ ਕਰਕੇ ਇਨ੍ਹਾਂ ਰੋਡਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਅੰਦਰ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ 7600 ਕਰੋੜ ਰੁਪਏ ਖਰਚ ਕੇ ਰਾਸ਼ਟਰੀ ਰਾਜ ਮਾਰਗ ਅਤੇ ਰਾਜ ਮਾਰਗਾਂ ਨੂੰ ਅਤਿ ਆਧੁਨਿਕ ਪੱਧਰ ਤੇ ਚਾਰ ਅਤੇ ਛੇ ਲੇਨ ਦੇ ਬਣਾਏ ਜਾ ਰਹੇ ਹਨ ਤਾਂ ਜੋ ਰਾਜ ਦੇ ਲੋਕਾਂ ਨੂੰ ਅਵਾਜਾਈ ਦੀਆਂ ਸੁਚਾਰੂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਦੇ ਨਾਲ ਨਾਲ ਪੇਂਡੂ ਲਿੰਕ ਸੜਕਾਂ ਵੱਲ ਵੀ ਸਰਕਾਰ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ।  ਬੁਲਾਰੇ ਨੇ ਅਗੇ ਦੱਸਿਆ ਕਿ ਸੂਬੇ ਦੀ 60 ਫੀਸਦੀ ਤੋਂ ਵੱਧ ਅਬਾਦੀ ਪਿੰਡਾਂ ਵਿਚ ਰਹਿੰਦੀ ਹੈ ਇਸ ਲਈ ਇਸ ਕੰਮ ਵੱਲ ਸਰਕਾਰ ਵਲੋਂ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਸੜਕਾਂ ਦੀ ਕਇਆ ਕਲਪ ਨਾਲ ਜਿਥੇ ਪਿੰਡਾਂ ਦੇ ਲੋਕਾਂ ਦਾ ਸ਼ਹਿਰਾਂ ਵੱਲ ਆਉਣਾ ਸੁਖਾਲਾ ਹੋਵੇਗਾ ਉਥੇ ਇਹ ਸੂਬੇ ਦੇ ਆਰਥਿਕ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।   

Translate »