September 10, 2015 admin

ਡਿਪਟੀ ਕਮਿਸ਼ਨਰ ਡਾ. ਤਿ੍ਰਖਾ ਤੇ ਲੋਧੀਨੰਗਲ ਵੱਲੋਂ ਬਟਾਲਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ

 ਸਤੰਬਰ ਮਹੀਨੇ ਦੇ ਅਖੀਰ ਚ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਕਾਸ ਪ੍ਰੋਜੈਕਟਾਂ ਨੂੰ ਕਰਨਗੇ ਲੋਕ ਅਰਪਨ

ਬਟਾਲਾ, 10 ਸਤੰਬਰ ( bharatsandeshnews)

ਬਟਾਲਾ ਸ਼ਹਿਰ ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤਿ੍ਰਖਾ ਵੱਲੋਂ ਅੱਜ ਬਟਾਲਾ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਐੱਸ.ਡੀ.ਐੱਮ. ਬਟਾਲਾ ਸ. ਸਕੱਤਰ ਸਿੰਘ ਬੱਲ, ਤਹਿਸੀਲਦਾਰ ਬਟਾਲਾ ਅਰਵਿੰਦਰਪਾਲ ਸਿੰਘ, ਸ. ਜਗਰੂਪ ਸਿੰਘ ਸੇਖਵਾਂ, ਐਕਸੀਅਨ ਲੋਕ ਨਿਰਮਾਣ ਵਿਭਾਗ ਪੀ.ਐੱਸ. ਟਿਵਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਅਭਿਨਵ ਤਿ੍ਰਖਾ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਕੁਤਬੀਨੰਗਲ ਵਿਖੇ ਬਣ ਰਹੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਦੇ ਉਸਾਰੀ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਮੇਲਾ ਗਰਾਉਂਡ ਨੂੰ ਨਿਰਧਾਰਤ ਸਮੇਂ ਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਇਸਦਾ ਲਾਭ ਮਿਲ ਸਕੇ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਪੁਲਿਸ ਲਾਈਨ ਨੇੜੇ ਬਣ ਰਹੇ ਡਰਾਇਵਿੰਗ ਸਕੂਲ ਦੇ ਨਿਰਮਾਣ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਦੇ ਕੰਮ ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਬਟਾਲਾ-ਅੰਮਿ੍ਰਤਸਰ ਬਾਈਪਾਸ ਨੇੜੇ 20 ਮੈਗਵਾਟ ਦੇ ਨਵੇਂ ਬਣ ਰਹੇ ਬਿਜਲੀ ਘਰ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਬਿਜਲੀ ਘਰ ਦਾ ਕੰਮ 25 ਸਤੰਬਰ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ।

ਇਸਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸ਼ਿਵ ਬਟਾਲਵੀ ਆਡੀਟੋਰੀਅਮ ਦਾ ਦੌਰਾ ਕੀਤਾ। ਸ਼ਿਵ ਆਡੀਟੋਰੀਅਮ ਦੇ ਮੁਰੰਮਤ ਕਾਰਜਾਂ ਦੇ ਮੁਕੰਮਲ ਹੋਣ ਤੇ ਆਪਣੀ ਪ੍ਰਸੰਨਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੇ ਮਿਹਨਤ ਸਦਕਾ ਇਹ ਖੂਬਸੂਰਤ ਯਾਦਗਾਰ ਹੋਂਦ ਚ ਆ ਸਕੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਤਿ੍ਰਖਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਚ ਸ਼ਿਵ ਬਟਾਲਵੀ ਦੀ ਯਾਦਗਾਰ ਮੁਕੰਮਲ ਹੋ ਗਈ ਹੈ। ਇਸੇ ਤਰਾਂ ਆਧੁਨਿਕ ਪਸ਼ੂ ਮੇਲਾ ਗਰਾਉਂਡ ਅਤੇ ਬਾਈਪਾਸ ਨੇੜੇ 20 ਮੈਗਾਵਾਟ ਦਾ ਬਿਜਲੀ ਘਰ ਵੀ ਮੁਕੰਮਲ ਹੋਣ ਦੇ ਨੇੜੇ ਹਨ। ਡਾ. ਤਿ੍ਰਖਾ ਨੇ ਕਿਹਾ ਕਿ ਇਸ ਮਹੀਨੇ ਦੇ ਅਖੀਰ ਵਿੱਚ ਮਾਨਯੋਗ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਵੱਲੋਂ ਉਪਰੋਕਤ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।

ਇਸ ਮੌਕੇ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਜੋ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਸਨ ਉਹ ਹੁਣ ਮੁਕੰਮਲ ਹੋਣ ਦੇ ਨੇੜੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕਾ ਵਾਸੀਆਂ ਨੂੰ ਵੱਡਾ ਫਾਇਦਾ ਹੋਵੇਗਾ। ਸ. ਲੋਧੀਨੰਗਲ ਨੇ ਕਿਹਾ ਕਿ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜਿਥੇ ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ ਉਥੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਹੋਰ ਨਵੀਆਂ ਯੋਜਨਾਵਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੀ ਬਟਾਲਾ ਫੇਰੀ ਸ਼ਹਿਰ ਤੇ ਸਮੁੱਚੇ ਹਲਕੇ ਦੇ ਵਿਕਾਸ ਚ ਨਵਾਂ ਅਧਿਆਏ ਜੋੜੇਗੀ।

 

Translate »